December 24, 2024 6:54 am

ਹਫ਼ਤੇ ਤੋਂ ਚੱਲ ਰਹੀ ਲੂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ,ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4-5 ਦਿਨਾਂ ਵਿੱਚ ਸੂਬੇ ਦਾ ਤਾਪਮਾਨ 46 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ

ਚੰਡੀਗੜ੍ਹ  :-  ਪੰਜਾਬ ਤੇ ਹਰਿਆਣਾ ਵਿੱਚ ਜੇਠ ਮਹੀਨੇ ਦੀ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ । ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਲੂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ । ਗਰਮੀ ਕਰਕੇ ਲੋਕ ਘਰਾਂ ਵਿਚ ਤੜੇੇ ਰਹਿਣ ਲਈ ਮਜਬੂਰ ਹਨ । ਪੰਜਾਬ ਦਾ ਪਠਾਨਕੋਟ ਸ਼ਹਿਰ 45.5 ਡਿਗਰੀ ਦੇ ਸਿਖਰਲੇ ਤਾਪਮਾਨ ਨਾਲ ਅੱਜ ਸਭ ਤੋਂ ਗਰਮ ਰਿਹਾ ਹੈ । ਮੌਸਮ ਵਿਭਾਗ ਨੇ ਪੰਜਾਬ ਵਿੱਚ  21, 22 ਤੇ 23 ਮਈ ਨੂੰ ਅਤਿ ਦੀ ਗਰਮੀ ਪੈਣ ਦੀ ਚੇਤਾਵਨੀ ਜਾਰੀ ਕਰਦਿਆਂ ਰੈੱਡ ਅਲਰਟ ਜਾਰੀ ਕੀਤਾ ਹੈ । ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4-5 ਦਿਨਾਂ ਵਿੱਚ ਸੂਬੇ ਦਾ ਤਾਪਮਾਨ 46 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ । ਗਰਮ ਹਵਾਵਾਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ । ਸੂਬੇ ਵਿੱਚ ਪਿਛਲੇ ਇਕ ਹਫ਼ਤੇ ਤੋਂ ਪੈ ਰਹੀ ਅਤਿ ਦੀ ਗਰਮੀ ਕਰਕੇ ਬੱਚਿਆਂ ਨੂੰ ਸਕੂਲ ਜਾਣ ਵਿੱਚ ਦਿੱਕਤ ਆ ਰਹੀ ਹੈ ਅਤੇ ਨੌਜਵਾਨਾਂ ਨੂੰ ਨਿੱਤ ਕੰਮ ’ਤੇ ਜਾਣ ਸਮੇਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸੇ ਕਰਕੇ ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਸੀ । ਇਸ ਦੇ ਨਾਲ ਹੀ ਕਿਸਾਨਾਂ ਦੇ ਸਾਹ ਵੀ ਸੁੱਕਣੇ ਪਏ ਹੋਏ ਹਨ। ਅਤਿ ਦੀ ਗਰਮੀ ਪੈਣ ਕਰਕੇ ਪੰਜਾਬ ਵਿਚ ਬਿਜਲੀ ਦੀ ਮੰਗ ਵੀ ਵਧੀ ਹੈ । ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਪੰਜਾਬ ਵਿੱਚ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਦੇ ਕਰੀਬ ਪਹੁੰਚ ਗਈ ਸੀ, ਜੋ ਸ਼ਾਮ ਹੁੰਦਿਆਂ ਘੱਟ ਕੇ 9200 ਮੈਗਾਵਾਟ ਰਹਿ ਗਈ। ਮੌਸਮ ਵਿਗਿਆਨੀਆਂ ਵੱਲੋਂ ਵੀ ਲੋਕਾਂ ਨੂੰ ਲੋੜ ਅਨੁਸਾਰ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ । ਪੰਜਾਬ ਵਿੱਚ ਪਠਾਨਕੋਟ ਸਭ ਤੋਂ ਗਰਮ ਸ਼ਹਿਰ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਹੈ ।

Up Skill Ninja