ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨਾਲ ਕੀਤੀਆਂ ਅਹਿਮ ਵਿਚਾਰਾਂ
ਲੁਧਿਆਣਾ ( ਨਿਰਮਲ ਦੋਸਤ) – “ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੇ ਆਗੂਆਂ ਅਤੇ ਵਰਕਰਾਂ ਨਾਲ, ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਯੋਜਨਾਬੱਧ ਤਰੀਕੇ ਨਾਲ ਲੜਕੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਲਈ ਮੀਟਿੰਗਾਂ ਕਰਕੇ ਲੰਮੀਆਂ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੇ ਆਗੂਆਂ ਦੀਆਂ ਡਿਊਟੀਆਂ ਨਿਰਧਾਰਤ ਕਰਕੇ ਉਨ੍ਹਾਂ ਨੂੰ ਆਪਣੀ ਡਿਊਟੀ ਨੂੰ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜ਼ਿਮਨੀ ਚੋਣ ਲੜ੍ਹ ਰਹੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਪੰਜਾਬ ਵਿਧਾਨ ਸਭਾ ‘ਚ ਭੇਜਿਆ ਜਾ ਸਕੇ”। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਕੌਮੀ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸ੍ਰ.ਸਿਮਰਨਜੀਤ ਸਿੰਘ ਮਾਨ ਦੇ ਪੀ.ਏ.(ਨਿੱਜੀ ਸਹਾਇਕ) ਸ੍ਰ.ਗੁਰਜੰਟ ਸਿੰਘ ਕੱਟੂ ਨੇ ਗੱਲਬਾਤ ਕਰਦਿਆਂ ਦਿੱਤੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਟਕਸਾਲੀ ਤੇ ਸੀਨੀਅਰ ਆਗੂ ਸ੍ਰ.ਗੁਰਜੰਟ ਸਿੰਘ ਕੱਟੂ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕਰਨ ‘ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ। ਪੰਜਾਬ
ਦੇ ਲੋਕਾਂ ਨੂੰ ਬਦਲਾਅ ਦੇਣ ਦੇ ਨਾਂਅ ‘ਤੇ ਪੰਜਾਬ ‘ਚ ਆਪਣੀ ਸਰਕਾਰ ਬਣਾਉਣ ਵਾਲੀ ‘ਆਪ’ ਵੀ ਦੂਜੀਆਂ ਰਾਜ ਕਰ ਚੁੱਕੀਆਂ ਪਾਰਟੀਆਂ ਤੋਂ ਦੋ ਕਦਮ ਅੱਗੇ ਹੋ ਤੁਰੀ ਤੇ ਜੋ ਪੰਜਾਬ ਦੀ ਬਰਬਾਦੀ ਦੀ ਘਾਟ ਰਹਿੰਦੀ ਵੀ ਸੀ ,ਇਸ ਨੇ ਪੂਰੀ ਕਰ ਦਿੱਤੀ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰਾਜ ‘ਚ ਅੱਜ ਕਿਸਾਨ, ਮਜ਼ਦੂਰ, ਮੁਲਾਜ਼ਮ, ਦੁਕਾਨਦਾਰ, ਵਪਾਰੀ ਤੰਗ-ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਸ੍ਰ.ਗੁਰਜੰਟ ਸਿੰਘ ਕੱਟੂ ਨੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਗੱਲ ਕਰਦਿਆਂ ਕਿਹਾ ਕਿ ਇਸ ਸਰਕਾਰ ਵੱਲੋਂ ਵੀ ਪਹਿਲਾਂ ਵਾਲੀਆਂ ਪੰਜਾਬ ਸਰਕਾਰਾਂ ਵਾਂਗ ਪੁਰਾਣੇ ਕਰਜ਼ੇ ਨੂੰ ਉਤਾਰਨ ਲਈ ਨਵਾਂ ਕਰਜ਼ਾ ਲੈਣਾ ਕੋਈ ਸਿਆਣਪ ਨਹੀਂ ਹੈ। ਇਸ ਲਈ ਗੰਧਲੇ ਸਿਸਟਮ ਨੂੰ ਬਦਲਣ ਲਈ ਬਹੁਤ ਜ਼ਰੂਰੀ ਹੈ ਕਿ ਪੰਜਾਬ ਦੇ ਸੂਝਵਾਨ ਲੋਕ ਸ੍ਰ.ਸਿਮਰਨਜੀਤ ਸਿੰਘ ਮਾਨ ਨੂੰ ਸਿਆਸੀ ਤੌਰ ‘ਤੇ ਤਕੜਾ ਕਰਕੇ ਪੰਜਾਬ ਦੀ ਹਰ ਪੱਖੋਂ ਕਾਮਯਾਬੀ ਲਈ ਆਪਣਾ ਬਣਦਾ ਯੋਗਦਾਨ ਪਾਉਣ ।